Logo
Header
img

ਐਮਪੀ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ


ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਜੋ ਇਸ ਸਮੇਂ ਦਿੱਲੀ ਵਿੱਚ ਰਾਜ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਵਿੱਚ ਹਿੱਸਿਆਂ ਲੈ ਰਹੇ ਹਨ, ਨੇ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੋੜਾ ਨੇ ਕਿਹਾ, ''ਇਹ ਇਕ ਸ਼ਿਸ਼ਟਾਚਾਰ ਮੀਟਿੰਗ ਸੀ ਜਿਸ ਵਿਚ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।'' ਉਨ੍ਹਾਂ ਕਿਹਾ ਕਿ ਰੱਖਿਆ ਮੰਤਰੀ ਨੇ ਬਹੁਤ ਹੀ ਹਾਂ-ਪੱਖੀ ਹੁੰਗਾਰਾ ਦਿੱਤਾ ਅਤੇ ਆਸ ਪ੍ਰਗਟਾਈ ਕਿ ਇਹ ਮੀਟਿੰਗ ਆਉਣ ਵਾਲੇ ਸਮੇਂ ਵਿਚ ਪੰਜਾਬ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਮੁੱਦਿਆਂ 'ਤੇ ਬਹੁਤ ਹੀ ਸੁਹਿਰਦਤਾ ਨਾਲ ਚਰਚਾ ਕੀਤੀ ਗਈ।ਅਰੋੜਾ ਨੇ ਲੁਧਿਆਣਾ ਦੇ ਬੱਦੋਵਾਲ ਖੇਤਰ ਵਿੱਚ ਡਿਫੈਂਸ ਵਰਕਸ ਐਕਟ 1903 ਦੇ ਤਹਿਤ ਰੱਖਿਆ ਸਥਾਪਨਾਵਾਂ ਦੇ ਆਲੇ-ਦੁਆਲੇ ਉਸਾਰੀ 'ਤੇ ਪਾਬੰਦੀ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਇਸ ਸਬੰਧ ਵਿੱਚ ਰੱਖਿਆ ਮੰਤਰੀ ਨੂੰ ਇੱਕ ਪੱਤਰ ਵੀ ਸੌਂਪਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਲੁਧਿਆਣਾ ਦੇ ਬੱਦੋਵਾਲ ਖੇਤਰ ਵਿੱਚ ਪਾਬੰਦੀਆਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀ ਦੁਰਦਸ਼ਾ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਨ।ਉਨ੍ਹਾਂ ਦੱਸਿਆ ਕਿ ਦ ਵਰਕਸ ਆਫ ਡਿਫੈਂਸ ਐਕਟ 1903 ਤਹਿਤ ਨੋਟੀਫਿਕੇਸ਼ਨ ਅਨੁਸਾਰ ਰੱਖਿਆ ਸਥਾਪਨਾਵਾਂ ਦੇ ਆਲੇ-ਦੁਆਲੇ 500 ਤੋਂ 2000 ਗਜ਼ ਦੀ ਦੂਰੀ ਦੇ ਅੰਦਰ ਉਸਾਰੀ 'ਤੇ ਪਾਬੰਦੀ ਲਗਾਈ ਗਈ ਹੈ। ਨਾਲ ਹੀ ਬਾਹਰੀ ਸੀਮਾ ਤੋਂ 1000 ਗਜ਼ ਦੇ ਅੰਦਰ ਉਸਾਰੀ 'ਤੇ ਪਾਬੰਦੀ ਹੈ। ਉਨ੍ਹਾਂ 18 ਮਈ, 2011 ਦੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਦੇ ਪੱਤਰ ਰਾਹੀਂ ਦ ਵਰਕਸ ਆਫ ਡਿਫੈਂਸ ਐਕਟ 1903 ਨੂੰ ਲੋਕ-ਪੱਖੀ ਬਣਾਉਣ ਲਈ ਇਸ ਵਿਚ ਸੋਧਾਂ ਅਤੇ ਰੱਖਿਆ ਸਥਾਪਨਾ ਦੇ ਨੇੜੇ ਉਸਾਰੀ ਗਤੀਵਿਧੀਆਂ ਦੀ ਆਗਿਆ ਦੇਣ ਲਈ ਜਾਰੀ ਕੀਤੇ ਗਏ ਕੁਝ ਦਿਸ਼ਾ-ਨਿਰਦੇਸ਼ਾਂ ਬਾਰੇ ਚਰਚਾ ਕੀਤੀ।  ਅਰੋੜਾ ਨੇ ਦੱਸਿਆ ਕਿ ਮੌਜੂਦਾ ਪਾਬੰਦੀਆਂ ਕਾਰਨ ਬਹੁਤ ਸਾਰੇ ਕਿਸਾਨ ਜ਼ਮੀਨ ਦਾ ਇਸਤੇਮਾਲ ਨਹੀਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਅਸਲ ਅਤੇ ਜ਼ਰੂਰੀ ਮੁੱਦੇ ਹਨ ਜੋ ਬੱਦੋਵਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਅਤੇ ਭਲਾਈ ਨੂੰ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਇਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਅਤੇ ਪ੍ਰਭਾਵਿਤ ਆਬਾਦੀ ਨੂੰ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ।ਅਰੋੜਾ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਬਹੁਤ ਧੀਰਜ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਦੇਸ਼ ਵਿਆਪੀ ਨੀਤੀ ਬਣਾਉਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਇਸ ਬਾਰੇ ਫੈਸਲਾ ਲਿਆ ਜਾਵੇਗਾ। ਅਰੋੜਾ ਨੇ ਕਿਹਾ, ਰੱਖਿਆ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬੱਦੋਵਾਲ ਖੇਤਰ ਨੂੰ ਵੀ ਇਸ ਰਾਸ਼ਟਰੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ।


Top