ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ
- ਮੰਡੀਆਂ 'ਚੋਂ ਇੱਕ-ਇੱਕ ਦਾਣਾ ਚੁੱਕਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ
ਲੁਧਿਆਣਾ, 23 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਪੱਛਮੀ ਸਬ-ਡਵੀਜ਼ਨ ਅਧੀਨ ਆਉਂਦੀਆਂ ਲਲਤੋਂ ਅਤੇ ਜੋਧਾਂ ਵਰਗੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਮੰਡੀਆਂ ਵਿੱਚੋਂ ਅਨਾਜ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਸਬੰਧੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਾੜੀ ਦੇ ਇਸ ਸੀਜ਼ਨ ਦੌਰਾਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਹਾਜ਼ਰ ਕਿਸਾਨਾਂ ਨਾਲ ਵੀ ਮੀਟਿੰਗ ਕਰਕੇ ਚੱਲ ਰਹੇ ਖਰੀਦ ਕਾਰਜਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਨੇ ਆਪਣੀ ਫ਼ਸਲ ਦੀ ਖ਼ਰੀਦ ਲਈ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ 'ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਇੱਕ-ਇੱਕ ਦਾਣਾ ਚੁੱਕਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਕਾਰਜ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ।