Logo
Header
img

ਪਿਛਲਾ ਵੋਟਿੰਗ ਫੀਸਦ ਰਿਕਾਰਡ ਤੋੜਨ ਲਈ 862 ਪੋਲਿੰਗ ਬੂਥਾਂ 'ਚ ਵਿਆਪਕ ਜਾਗਰੂਕਤਾ ਮੁਹਿੰਮ

ਆਗਾਮੀ ਆਮ ਚੌਣਾਂ ਦੌਰਾਨ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ, ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2019 ਦੌਰਾਨ 60 ਫੀਸਦੀ ਤੋਂ ਘੱਟ ਮਤਦਾਨ ਵਾਲੇ 862 ਪੋਲਿੰਗ ਬੂਥਾਂ ਅਧੀਨ ਆਉਂਦੇ ਖੇਤਰਾਂ ਵਿੱਚ ਘਰ-ਘਰ ਜਾ ਕੇ ਬੂਥ ਜਾਗਰੂਕਤਾ ਗਰੁੱਪ ਬਣਾਉਣ ਦਾ ਫੈਸਲਾ ਕੀਤਾ ਹੈ। ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਵੀਡੀਓ ਕਾਨਫਰੰਸ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਆਗਾਮੀ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਲਈ ਜਾਗਰੂਕਤਾ ਫੈਲਾਉਣ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ ਤਾਂ ਜੋ ਵੋਟ ਪ੍ਰਤੀਸ਼ਤਤਾ 70 ਪ੍ਰਤੀਸ਼ਤ ਨੂੰ ਪਾਰ ਕਰ ਸਕੇ। ਉਨ੍ਹਾਂ ਦੱਸਿਆ ਕਿ ਸਾਲ 2019-ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹੇ ਵਿੱਚ 62.78 ਫੀਸਦ ਮਤਦਾਨ ਦਰਜ ਕੀਤਾ ਗਿਆ ਸੀ, ਜਿਸ ਵਿੱਚੋਂ 843 ਪੋਲਿੰਗ ਬੂਥਾਂ 'ਤੇ 60 ਤੋਂ ਘੱਟ ਅਤੇ 19 ਬੂਥਾਂ 'ਤੇ 40 ਫੀਸਦ ਤੋਂ ਘੱਟ ਵੋਟਿੰਗ ਹੋਈ ਸੀ। ਉਨ੍ਹਾਂ ਕਿਹਾ ਕਿ ਬੂਥ ਜਾਗਰੂਕਤਾ ਗਰੁੱਪ ਜਿਨ੍ਹਾਂ ਵਿੱਚ ਸੁਪਰਵਾਈਜ਼ਰ, ਬੀ.ਐਲ.ਓਜ਼ ਅਤੇ ਸਵੀਪ ਅਫ਼ਸਰ ਸ਼ਾਮਲ ਹਨ, ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਜਨ ਜਾਗਰੂਕਤਾ ਮੁਹਿੰਮ ਚਲਾਉਣਗੇ ਤਾਂ ਜੋ ਆਗਾਮੀ ਚੋਣਾਂ ਵਿੱਚ ਪਿਛਲੇ ਸਾਰੇ ਰਿਕਾਰਡ ਤੋੜੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਪਹਿਲਾਂ ਹੀ 183 ਵੱਖ-ਵੱਖ ਸਮਾਗਮ ਕਰਵਾਏ ਜਾ ਚੁੱਕੇ ਹਨ. ਵਧੀਕ ਡਿਪਟੀ ਕਮਿਸ਼ਨਰ ਮੇਜਰ ਸਰੀਨ ਨੇ ਕਿਹਾ ਕਿ ਵੋਟਰ ਹਰ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਚੋਣਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਸਾਰੇ ਭਾਗੀਦਾਰ ਖਾਸ ਕਰਕੇ ਨੌਜਵਾਨ ਵੋਟਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰਸਿੱਧ ਕਲਾਕਾਰਾਂ ਦੇ ਸੁਨੇਹੇ ਅਤੇ ਨਾਅਰੇ ਵੀ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਉਨ੍ਹਾਂ ਦਾ ਪ੍ਰਚਾਰ ਕੀਤਾ ਜਾ ਸਕੇ।
Top