Logo
Header
img

ਪੰਜਾਬ ਪੁਲਿਸ ਦੀਆਂ ਵਰਦੀਆਂ ਦਾ ਸਾਜੋ-ਸਾਮਾਨ ਵੇਚਣ ਵਾਲਿਆਂ ਲਈ ਹਦਾਇਤਾਂ ਜਾਰੀ

ਲੁਧਿਆਣਾ, 02 ਨਵੰਬਰ (੦੦੦) - ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੋਸ਼ਤੁਭ ਸ਼ਰਮਾ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ, ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕਮਿਸ਼ਨਰੇਟ ਲੁਧਿਆਣਾ ਅੰਦਰ ਸਥਿਤ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਪੈਰਾਮਿਲਟਰੀ ਫੋਰਸਿਜ ਅਤੇ ਆਰਮੀ ਦੀਆਂ ਵਰਦੀਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਡਾ. ਸ਼ਰਮਾ ਵੱਲੋਂ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਪੈਰਾਮਿਲਟਰੀ ਫੋਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਸਾਜੋ-ਸਾਮਾਨ ਵੇਚ ਰਹੇ ਵਿਅਕਤੀਆਂ ਜਾਂ ਦੁਕਾਨਦਾਰਾਂ ਨੂੰ ਹਦਾਇਤ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਆਪਣੇ ਇਸ ਕਾਰੋਬਾਰ ਬਾਰੇ ਮੁਕੰਮਲ ਰਿਕਾਰਡ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਸੰਬੰਧੀ ਮਹੀਨਾਵਾਰ ਰਿਪੋਰਟ ਨੇੜਲੇ ਪੁਲਿਸ ਸਟੇਸ਼ਨ ਵਿੱਚ ਦੇਣੀ ਯਕੀਨੀ ਬਣਾਉਣ। ਉਨ੍ਹਾਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਦੋਂ ਵੀ ਕੋਈ ਵਿਅਕਤੀ ਉਨ੍ਹਾਂ (ਦੁਕਾਨਦਾਰ) ਕੋਲ ਕਿਸੇ ਕਿਸਮ ਦੀ ਵਰਦੀ ਦਾ ਸਾਜੋ-ਸਮਾਨ ਖਰੀਦ ਕਰਨ ਲਈ ਆਉਂਦਾ ਹੈ ਤਾਂ ਉਸ (ਖਰੀਦਦਾਰ) ਨੂੰ ਵੇਚੇ ਗਏ ਸਮਾਨ ਦਾ ਵੇਰਵਾ ਅਤੇ ਖਰੀਦਦਾਰ ਦਾ ਸ਼ਨਾਖ਼ਤੀ ਕਾਰਡ, ਮੋਬਾਈਲ ਨੰਬਰ ਅਤੇ ਰਿਹਾਇਸ਼ੀ ਪਤੇ ਬਾਰੇ ਇੰਦਰਾਜ ਰਜਿਸਟਰ ਵਿੱਚ ਦਰਜ ਕੀਤਾ ਜਾਵੇ। ਇਸੇ ਤਰ੍ਹਾਂ ਹਰੇਕ ਦੁਕਾਨਦਾਰ ਇੱਕ ਮਹੀਨੇ ਵਿੱਚ ਵੇਚੇ ਗਏ ਵਰਦੀ ਦੇ ਸਾਜੋ-ਸਮਾਨ ਦੀ ਰਿਪੋਰਟ ਸੰਬੰਧਤ ਪੁਲਿਸ ਸਟੇਸ਼ਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ। ਹਰੇਕ ਦੁਕਾਨਦਾਰ ਦੀ ਇਹ ਜਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਮਹੀਨਾਵਾਰ ਗੋਸ਼ਵਾਰਾ ਤਿਆਰ ਕਰਕੇ ਸਮੁੱਚਾ ਰਿਕਾਰਡ ਤਿਆਰ ਕਰੇਗਾ। ਉਨ੍ਹਾਂ ਦੱਸਿਆ ਕਿ ਕਈ ਵਾਰ ਗੈਰ ਸਮਾਜੀ ਅਨਸਰ ਪੈਰਾ ਮਿਲਟਰੀ ਫੌਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਗੈਰ ਕਾਨੂੰਨੀ ਤੌਰ 'ਤੇ ਇਸਤੇਮਾਲ ਕਰਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਵੇਗਾ ਅਤੇ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਲਈ ਜਾਰੀ ਰਹੇਗਾ।
Top