Logo
Header
img

ਜਲ ਸਪਲਾਈ ਵਿਭਾਗ ਵਲੋਂ ਸੂਬਾ ਪੱਧਰੀ ਜਨਤਾ ਦਰਬਾਰ ਦਾ ਆਯੋਜਨ 06 ਫਰਵਰੀ ਨੂੰ

ਲੁਧਿਆਣਾ, 04 ਫਰਵਰੀ (000) - ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ, ਖੰਨਾ ਦੇ ਕਾਰਜ਼ਕਾਰੀ ਇੰਜੀਨੀਅਰ ਰਾਏਵਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ 06 ਫਰਵਰੀ ਨੂੰ ਆਨਲਾਈਨ ਸੂਬਾ ਪੱਧਰੀ ਜਨਤਾ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਪੇਂਡੂ ਜਲ ਸਪਲਾਈ ਨਾਲ ਸਬੰਧੀ ਸਕੀਮਾਂ ਬਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਮੌਕੇ 'ਤੇ ਹੀ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਇੰਜੀ: ਰਾਏਵਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰ 11:30 ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵਸਨੀਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸਦੇ ਤਹਿਤ ਪਿੰਡਾਂ ਵਿੱਚ ਸੁ਼ੱਧ ਪੀਣ ਵਾਲੇ ਪਾਣੀ ਅਤੇ ਸਵੱਛਤਾ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਜਲ ਸਪਲਾਈ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਅਧੀਨ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸਵੱਛਤਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਟੋਲ ਫਰੀ ਨੰਬਰ 1800-180-2468 'ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਈਮੇਲ dwsssnkhelpdesk@gmail.com 'ਤੇ ਵੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵਿਭਾਗ ਦੀ ਵੈਬਸਾਈਟ www.dwss.punjab.gov.in ਦੀ ਵੀ ਵਰਤੋਂ ਕਰਦਿਆਂ citizen corner 'ਤੇ ਵੀ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਟੀਚਾ ਹੈ ਕਿ ਹਰੇਕ ਪਿੰਡ ਵਾਸੀ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਸੂਬੇ ਭਰ ਵਿੱਚ 31 ਟੈਸਟਿੰਗ ਲੈਬਾਂ ਦੀ ਸਥਾਪਨਾ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 1 ਰਾਜ ਪੱਧਰੀ, 6 ਖੇਤਰ ਪੱਧਰੀ, 17 ਜ਼ਿਲ੍ਹਾ ਪੱਧਰੀ ਅਤੇ 7 ਬਲਾਕ ਪੱਧਰ 'ਤੇ ਸਥਾਪਤ ਕੀਤੀਆਂ ਗਈ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲ ਸਪਲਾਈ ਵਿਭਾਗ, ਪੀਣ ਵਾਲੇ ਪਾਣੀ ਦੀ ਗੁਣਵੱਤਾ ਲਈ ਬੇਹੱਦ ਸੰਵੇਦਨਸ਼ੀਲ ਹੈ ਅਤੇ ਲੋਕਾਂ ਨੂੰ ਸਾਫ ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ, ਖੰਨਾ ਦੇ ਕਾਰਜ਼ਕਾਰੀ ਇੰਜੀਨੀਅਰ ਰਾਏਵਰਿੰਦਰ ਸਿੰਘ ਵਲੋਂ ਜ਼ਿਲ੍ਹਾ ਲੁਧਿਆਣਾ ਅਧੀਨ ਪਿੰਡਾਂ ਦੇ ਸਮੂਹ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 06 ਫਰਵਰੀ (ਦਿਨ ਸੋਮਵਾਰ) ਨੂੰ ਲੱਗਣ ਵਾਲੇ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
Top