ਅੰਮ੍ਰਿਤਸਰ 6 ਅਕਤੂਬਰ 2022-- ਸ੍ਰ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਉੱਚਾ ਚੁਕਣ ਵਿੱਚ ਕੋਈ ਕਸਰ ਨਹੀਂ ਛਡੇਗੀ, ਕਿਉਂਕਿ ਸਿਹਤ ਪਖੋਂ ਤੰਦਰੁਸਤ ਬੱਚਾ ਹੀ ਚੰਗੀ ਸਿੱਖਿਆ ਹਾਸਿਲ ਕਰ ਸਕਦਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਜਾਨੀਆ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਤੌਰ ਤੇ ਹੋਣ ਵਾਲੀ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਸ: ਈ.ਟੀ.ਓ. ਨੇ ਕਿਹਾ ਕਿ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲੀ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਸਕੂਲ ਹੀ ਇਕ ਅਜਿਹਾ ਮੰਦਰ ਹੈ, ਜਿਸ ਵਿਚੋਂ ਬੱਚਾ ਸਿੱਖਿਆ ਪ੍ਰਾਪਤ ਕਰਕੇ ਆਪਣਾ ਜੀਵਨ ਪੱਧਰ ਉੱਚਾ ਚੁਕਣ ਦੇ ਨਾਲ ਨਾਲ ਇਕ ਚੰਗੇ ਸਮਾਜ ਦੀ ਸਥਾਪਨਾ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।
ਸ: ਹਰਭਜਨ ਸਿੰਘ ਨੇ ਸਕੂਲ ਦਾ ਨਿਰੀਖਣ ਵੀ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲ ਦੇ ਨਿਰਮਾਣ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਸਾਰੇ ਕੰਮ ਗੁਣਵੱਤਾ ਭਰਪੂਰ ਕਰਵਾਏ ਜਾਣ। ਇਸ ਮੌਕੇ ਜਾਨੀਆ ਪਿੰਡ ਦੇ ਸਰਪੰਚ ਸ: ਸਤਿੰਦਰਬੀਰ ਸਿੰਘ ਨੇ ਪਿੰਡ ਦੀਆਂ ਸਮੱਸਿਆਵਾਂ ਬਾਰੇ ਵੀ ਦੱਸਿਆ, ਜਿਸ ਤੇ ਸ: ਈ.ਟੀ.ਓ. ਨੇ ਕਿਹਾ ਕਿ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ ਅਤੇ ਸਾਰੇ ਪਿੰਡਾਂ ਨੂੰ ਇਕ ਆਦਰਸ਼ ਪਿੰਡ ਬਣਾਇਆ ਜਾਵੇਗਾ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਉਨਾਂ ਦੇ ਨਾਲ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਐਸ.ਈ. ਇੰਦਰਜੀਤ ਸਿੰਘ, ਐਕਸੀਐਨ ਇੰਦਰਜੀਤ ਸਿੰਘ, ਸ: ਯਾਦਵਿੰਦਰ ਸਿੰਘ, ਬਲਾਕ ਸਿੱਖਿਆ ਅਫ਼ਸਰ ਸ੍ਰੀ ਯਸ਼ਪਾਲ, ਹੈਡ ਟੀਚਰ ਜਗਰੂਪ ਕੌਰ, ਪਰਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।
ਕੈਪਸ਼ਨ: ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਹੋਣ ਵਾਲੀ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਦੇ ਹੋਏ।
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਨੂੰ ਸਨਮਾਨਤ ਕਰਦੇ ਹੋਏ।